ਮਿਸ਼ਨ ਫ਼ਤਹਿ ਦੇ ਮੰਤਰ ‘ਮਾਸਕ ਹੀ ਵੈਕਸੀਨ ਹੈ’ ਉਤੇ ਹਰ ਵਿਅਕਤੀ ਪਹਿਰਾ ਦੇਵੇ - ਡੀ.ਸੀ.
ਬਟਾਲਾ, 2 ਦਸੰਬਰ (ਅਸ਼ੋਕ ਜੜੇਵਾਲ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਪ੍ਰਤੀ ਜਾਗਰੂਕ ਕਰਦਿਆਂ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਇਸ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਖਤੀ ਨਾਲ ਸੁਰੱਖਿਆ ਨਿਯਮਾਂ ਦੀ ਪਾਲਣ ਕਰਦਿਆਂ ਬਿਮਾਰੀ ਖ਼ਿਲਾਫ਼ ਲੜਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਕੋਵਿਡ ਦੀ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਮਿਸ਼ਨ ਫਤਹਿ ਦੇ ਮੰਤਰ ‘ਮਾਸਕ ਹੀ ਵੈਕਸੀਨ ਹੈ’ ਉਤੇ ਪਹਿਰਾ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕਾਲਾਂ, ਖਾਸ ਤੌਰ ’ਤੇ ਹੱਥ ਧੋਣ ਅਤੇ ਮਾਸਕ ਪਹਿਨਣ ਵਰਗੀਆਂ ਹਦਾਇਤਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਕੋਵਿਡ-19 ਦੀ ਸੰਭਾਵੀ ਦੂਸਰੀ ਲਹਿਰ ਵਿੱਚ ਵੀ ਪੰਜਾਬ ਜੇਤੂ ਹੋ ਕੇ ਉਭਰੇਗਾ। ਉਨਾਂ ਲੋਕਾਂ ਨੂੰ ਕਿਹਾ ਕਿ ਉਹ ਕੋਵਿਡ-19 ਨੂੰ ਹਲਕੇ ਵਿੱਚ ਨਾ ਲੈਣ ਅਤੇ ਇਸ ਤੋਂ ਬਚਣ ਲਈ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।
Pragati media Ashok jrewal di report
COMMENTS