ਨਗਰ ਨਿਗਮ ਵੱਲੋਂ ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਮੁਹਿੰਮ ਤਹਿਤ ਸ਼ਹਿਰ ਵਾਸੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ
ਸਾਰੇ ਸ਼ਹਿਰ ਨੂੰ ਕੂੜਾ ਤੇ ਡੰਪ ਮੁਕਤ ਕਰਨਾ ਨਗਰ ਨਿਗਮ ਦਾ ਟੀਚਾ - ਕਮਿਸ਼ਨਰ ਨਗਰ ਨਿਗਮ
ਬਟਾਲਾ, 3 ਦਸੰਬਰ ( ਅਸ਼ੋਕ ਜੜੇਵਾਲ ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਨਗਰ ਨਿਗਮ ਬਟਾਲਾ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਤਹਿਤ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਡਾਕੂਮੈਂਟਰੀ ਫਿਲਮ ਰਾਹੀਂ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਅਤੇ ਗਿੱਲੇ ਕੂੜੇ ਤੋਂ ਖਾਦ ਬਣਾਉਣ ਬਾਰੇ ਦੱਸਿਆ ਜਾ ਰਿਹਾ ਹੈ।ਕਮਿਸ਼ਨਰ ਨਗਰ ਨਿਗਮ ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਬਟਾਲਾ ਸ਼ਹਿਰ ਨੂੰ ਕੂੜਾ ਅਤੇ ਡੰਪ ਮੁਕਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਿਗਮ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਗਿੱਲੇ ਕੂੜੇ ਦੀ ਆਪਣੇ ਘਰ ਵਿੱਚ ਹੀ ਕੰਪੋਸਟ ਖਾਦ ਬਣਾ ਸਕਦੇ ਹਨ, ਜਿਸ ਨਾਲ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਦਾ ਹੱਲ ਹੋ ਸਕੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨ ਤਾਂ ਨਗਰ ਨਿਗਮ ਨੂੰ ਵੀ ਕੂੜੇ ਦਾ ਨਿਪਟਾਰਾ ਕਰਨ ਵਿੱਚ ਅਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਗਿੱਲਾ ਕੂੜਾ ਖਾਦ ਬਣ ਜਾਂਦਾ ਹੈ ਜਦਕਿ ਸੁੱਕੇ ਕੂੜੇ ਨੂੰ ਰੀਸਾਈਕਲ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ।
ਕਮਿਸ਼ਨਰ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰੀਆਂ ਨੂੰ ਦਿਖਾਈ ਜਾ ਰਹੀ ਡਾਕੂਮੈਂਟਰੀ ਵਿੱਚ ਦੱਸਿਆ ਜਾ ਰਿਹਾ ਹੈ ਕਿਵੇਂ ਅਸਾਨ ਵਿਧੀ ਦਾ ਪਾਲਣ ਕਰਕੇ ਹਰ ਕੋਈ ਆਪਣੇ ਘਰ ਵਿੱਚ ਗਿੱਲੇ ਕੂੜੇ ਤੋਂ ਬਹੁਤ ਵਧੀਆ ਦੇਸੀ ਖਾਦ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨਿਗਮ ਦੀ ਪ੍ਰਚਾਰ ਵੈਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਰਹੀ ਹੈ ਅਤੇ ਖਾਸ ਕਰਕੇ ਔਰਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਮੁਹੱਲੇ ਵਿੱਚ ਵਿਸ਼ੇਸ਼ ਡਰੰਮ ਲਗਾਏ ਜਾਣਗੇ, ਜਿਥੇ ਲੋਕ ਗਿੱਲਾ ਤੇ ਸੁੱਕਾ ਕੂੜਾ ਅੱਢ-ਅੱਢ ਪਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਸਾਰਿਆਂ ਦੇ ਸਹਿਯੋਗ ਸਦਕਾ ਬਟਾਲਾ ਸ਼ਹਿਰ ਨੂੰ ਡੰਪ ਮੁਕਤ ਕਰ ਦਿੱਤਾ ਜਾਵੇਗਾ।
Pragati media ashok kumar btala di report
COMMENTS