ਸੂਬਾ ਸਰਕਾਰ ਵੱਲੋਂ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ - ਵਿਧਾਇਕ ਲਾਡੀ
ਬਟਾਲਾ, 14 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ) - ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ 4 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਰਾਸ਼ੀ ਨਾਲ ‘ਸਮਾਰਟ ਸਕੂਲ ਮੁਹਿੰਮ’ ਤਹਿਤ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਲੋੜੀਂਦਾ ਆਧੁਨਿਕ ਤਕਨੀਕੀ ਸਾਜੋ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਰਾਸ਼ੀ ਇਨਾਂ ਕਾਰਜਾਂ ਲਈ ਵਰਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ 4 ਕਰੋੜ ਰੁਪਏ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਉੱਪਰ ਖਰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨਾਂ 738 ਸਕੂਲਾਂ ਵਿੱਚ 363 ਪ੍ਰਾਇਮਰੀ, 90 ਮਿਡਲ, 109 ਹਾਈ ਅਤੇ 176 ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਇਸ ਗ੍ਰਾਂਟ ਹੇਠ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਗੇਟਾਂ ਦੀ ਸੁੰਦਰਤਾ ਲਈ 15 ਹਜ਼ਾਰ ਪ੍ਰਤੀ ਸਕੂਲ, ਕਲਰ ਕੋਡਿੰਗ ਲਈ 25 ਹਜ਼ਾਰ ਪ੍ਰਤੀ ਸਕੂਲ ਅਤੇ ਸਿੱਖਿਆ ਪਾਰਕਾਂ ਲਈ 10 ਹਜ਼ਾਰ ਪ੍ਰਤੀ ਸਕੂਲ ਜਾਰੀ ਕੀਤੇ ਗਏ ਹਨ। ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 18 ਹਜ਼ਾਰ ਪ੍ਰਤੀ ਸਕੂਲ ਗੇਟਾਂ ਦੀ ਸੁੰਦਰਤਾ ਲਈ, ਕਲਰ ਕੋਡਿੰਗ ਲਈ ਹਾਈ ਸਕੂਲਾਂ ਨੂੰ 50 ਹਜ਼ਾਰ ਪ੍ਰਤੀ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 75 ਹਜ਼ਾਰ ਰੁਪਏ ਪ੍ਰਤੀ ਸਕੂਲ ਅਤੇ ਸਿੱਖਿਆ ਪਾਰਕਾਂ ਲਈ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 20 ਹਜ਼ਾਰ ਪ੍ਰਤੀ ਸਕੂਲ ਜਾਰੀ ਕੀਤੇ ਗਏ ਹਨ।
ਵਿਧਾਇਕ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਏ ਜਾਣ ਕਾਰਨ ਇਨ੍ਹਾਂ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਵੀ ਉੱਚਾ ਹੋਇਆ ਹੈ ਅਤੇ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਰਿਕਾਰਡ ਦਾਖਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਤੀਜੇ 100 ਫੀਸਦੀ ਆ ਰਹੇ ਹਨ ਜੋ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਦਾ ਪ੍ਰਤੱਖ ਪ੍ਰਮਾਣ ਹੈ।
COMMENTS