400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਮੁਕਾਬਲਿਆਂ ਵਿੱਚ ਧਰਮਪੁਰਾ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ
ਬਟਾਲਾ, 10 ਫਰਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ। ਇਸ ਸਕੂਲ ਦੀਆਂ ਵਿਦਿਆਰਥਣਾਂ ਸੂਬਾ, ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਮੁਕਾਬਲਿਆਂ ਵਿੱਚੋਂ ਮੋਹਰੀ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਦੀ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਣ ਉਪਾਸਨਾ ਨੇ ਸਕੈਂਡਰੀ ਪੱਧਰ ਦੇ ਸ਼ਬਦ ਗਾਇਨ ਮੁਕਾਬਲੇ ਵਿੱਚ ਰਾਜ ਭਰ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਮਨਪ੍ਰੀਤ ਕੌਰ ਨੇ ਪੀ.ਪੀ.ਟੀ. ਮੇਕਿੰਗ ਵਿੱਚ ਬਲਾਕ ਵਿਚੋਂ ਪਹਿਲਾ, ਕ੍ਰਿਸ਼ਮਾ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ, ਭਾਵਨਾ ਨੇ ਪੇਟਿੰਗ ਮੁਕਾਬਲੇ ਵਿੱਚ ਬਲਾਕ ਵਿਚੋਂ ਪਹਿਲਾ, ਸੁਖਮਨਪ੍ਰੀਤ ਕੌਰ ਨੇ ਸਾਜ਼ ਵਾਦਨ ਵਿੱਚ ਬਲਾਕ ਵਿਚੋਂ ਦੂਸਰਾ, ਨਵਦੀਪ ਕੌਰ ਨੇ ਸਕੈਂਡਰੀ ਪੱਧਰ ਅਤੇ ਨਿਸ਼ਾ ਨੇ ਮਿਡਲ ਪੱਧਰ ’ਤੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਬਲਾਕ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ।
ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਹ ਮੁਕਾਬਲੇ ਵਿਦਿਆਰਥੀਆਂ ਲਈ ਬਹੁਤ ਉਪਯੋਗੀ ਹਨ ਅਤੇ ਵਿਦਿਆਰਥੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਤੋਂ ਜਾਣੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਵੀ ਇਨ੍ਹਾਂ ਮੁਕਾਬਲਿਆਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ।
COMMENTS