ਨੌਜਵਾਨਾਂ ਵਿੱਚ ਤਕਨੀਕੀ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਵਜ਼ੀਫਾ ਸਕੀਮ ਲਾਗੂ ਕੀਤੀ - ਚੇਅਰਮੈਨ ਅਮਰਦੀਪ ਚੀਮਾ
ਬਟਾਲਾ, 19 ਫਰਵਰੀ (ਅਸ਼ੋਕ ਜੜੇਵਾਲ ਜਸਬੀਰ ਸਿੰਘ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਤਕਨੀਕੀ ਸਿੱਖਿਆ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਸਿੱਖਿਆ ਗ੍ਰਹਿਣ ਕਰਕੇ ਨੌਜਵਾਨ ਅਸਾਨੀ ਨਾਲ ਰੁਜ਼ਗਾਰ ਹਾਸਲ ਕਰ ਸਕਣ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵੱਲ ਆਕਰਸ਼ਤ ਕਰਨ ਲਈ ਮੁੱਖ ਮੰਤਰੀ ਵਜ਼ੀਫਾ ਸਕੀਮ ਚਲਾਈ ਜਾ ਰਹੀ ਹੈ ਜਿਸ ਰਾਹੀਂ ਨੌਜਵਾਨਾਂ 90 ਫੀਸਦੀ ਤੱਕ ਫੀਸ ਦੀ ਮੁਆਫੀ ਦਿੱਤੀ ਜਾ ਰਹੀ ਹੈ।ਮੁੱਖ ਮੰਤਰੀ ਵਜ਼ੀਫਾ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਇਹ ਸਕੀਮ ਸਫਲਤਾ ਨਾਲ ਲਾਗੂ ਕੀਤੀ ਹੋਈ ਹੈ ਜਿਸ ਤਹਿਤ ਹੋਣਹਾਰ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਫੀਸਾਂ ਵਿੱਚ ਭਾਰੀ ਛੋਟ ਮਿਲ ਰਹੂ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70 ਫੀਸਦੀ ਟਿਊਸ਼ਨ ਫੀਸ ਮੁਆਫ ਕੀਤੀ ਜਾ ਰਹੀ ਹੈ। ਇਸੇ ਤਰਾਂ 70 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80 ਫੀਸਦੀ, 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90 ਫੀਸਦੀ ਅਤੇ 90 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਦੀ ਪੂਰੀ ਟਿਊਸ਼ਨ ਫੀਸ ਮੁਆਫ ਕੀਤੀ ਜਾ ਰਹੀ ਹੈ। ਸ. ਚੀਮਾ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।ਸ. ਚੀਮਾ ਨੇ ਕਿਹਾ ਕਿ ਅੱਜ ਦੇ ਸਮੇਂ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਲੋੜ ਹੈ ਅਤੇ ਨੌਜਵਾਨਾਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਉੱਦਮ ਸਦਕਾ ਨੌਜਵਾਨਾਂ ਦਾ ਤਕਨੀਕੀ ਸਿੱਖਿਆ ਵੱਲ ਰੁਝਾਨ ਵਧਿਆ ਹੈ।
COMMENTS