ਚੋਣਾਂ ਦੇ ਮੱਦੇਨਜ਼ਰ ਐੱਸ.ਐੱਸ.ਪੀ. ਦੀ ਅਗਵਾਈ ਹੇਠ ਪੁਲਿਸ ਵੱਲੋਂ ਬਟਾਲਾ ਸ਼ਹਿਰ ਵਿੱਚ ਫਲੈਗ ਮਾਰਚ
ਬਟਾਲਾ ਪੁਲਿਸ ਸਥਾਨਕ ਸਰਕਾਰਾਂ ਦੀਆਂ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਅਜ਼ਾਦਾਨਾ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ - ਐੱਸ.ਐੱਸ.ਪੀ. ਬਟਾਲਾ
ਬਟਾਲਾ, 10 ਫਰਵਰੀ ( ਅਸ਼ੋਕ ਜੜੇਵਾਲ) - ਬਟਾਲਾ ਪੁਲਿਸ ਸਥਾਨਕ ਸਰਕਾਰਾਂ ਦੀਆਂ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਅਜ਼ਾਦਾਨਾ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਅੱਜ ਪੁਲਿਸ ਅਫ਼ਸਰਾਂ ਨਾਲ ਬਟਾਲਾ ਸ਼ਹਿਰ ਵਿੱਚ ਫਲੈਗ ਮਾਰਚ ਕੱਢਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਕੱਢਣ ਦਾ ਮਕਸਦ ਲੋਕਾਂ ਵਿੱਚ ਕਾਨੂੰਨ ਵਿਵਸਥਾ ਸਬੰਧੀ ਵਿਸ਼ਵਾਸ਼ ਨੂੰ ਕਾਇਮ ਰੱਖਣਾ ਹੈ। ਐੱਸ.ਐੱਸ.ਪੀ. ਬਟਾਲਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਕੀਤਾ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚੋਂ ਗੁਜ਼ਰਿਆ।ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਚੋਣਾਂ ਵਿੱਚ ਭਾਗ ਲੈ ਰਹੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਅੰਦਰ ਰਹਿ ਕੇ ਅਮਨ-ਸ਼ਾਂਤੀ ਨਾਲ ਚੋਣ ਅਮਲ ਵਿੱਚ ਭਾਗ ਲੈਣ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਕਿਸੇ ਵੀ ਤਰ੍ਹਾਂ ਮਾਹੌਲ ਨੂੰ ਖਰਾਬ ਨਹੀਂ ਹੋਣ ਦੇਵੇਗੀ ਅਤੇ ਵੋਟਰ ਬਿਨ੍ਹਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਪੂਰੀ ਅਜ਼ਾਦੀ ਨਾਲ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸੇ ਦੌਰਾਨ ਜ਼ਿਲ੍ਹਾ ਬਟਾਲਾ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਵੱਲੋਂ ਲਾਇਸੰਸੀ ਹਥਿਆਰਾਂ ਨੂੰ ਜਮ੍ਹਾਂ ਕਰਾਉਣ ਲਈ ਪਹਿਲਾਂ ਵੀ ਕਿਹਾ ਜਾ ਚੁੱਕਾ ਹੈ ਅਤੇ ਜਿਨ੍ਹਾਂ ਨੇ ਅਜੇ ਤੱਕ ਆਪਣੇ ਲਾਇਸੰਸੀ ਹਥਿਆਰ ਜਮ੍ਹਾਂ ਨਹੀਂ ਕਰਵਾਏ ਉਹ ਤੁਰੰਤ ਆਪਣੇ ਹਥਿਆਰ ਜਮ੍ਹਾਂ ਕਰਾ ਦੇਣ, ਨਹੀਂ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਐੱਸ.ਐੱਸ.ਪੀ. ਬਟਾਲਾ ਨੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨਾਲ ਚੋਣਾਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ।
COMMENTS